Featured National News Punjab

ਮੁੱਲਾਂਪੁਰ ਵਿਖੇ ‘ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ’ ਤਹਿਤ ਰਾਜ ਪੱਧਰੀ ਸਮਾਗਮ ਦਾ ਆਯੋਜਨ

*ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਦ੍ਰਿੜ ਵਚਨਬੱਧ-

ਮੁੱਲਾਂਪੁਰ ਦਾਖਾ/ਲੁਧਿਆਣਾ,  (ਸਤ ਪਾਲ ਸੋਨੀ) ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਪੰਜਾਬ ਸਰਕਾਰ ਦੀ ਕੈਸ਼ ਕਰੈਡਿਟ ਲਿਮਟ ਨੂੰ ਜਾਰੀ ਕਰਨ ਵਿੱਚ ਹੋਈ ਦੇਰੀ ਬਾਰੇ ਸਪੱਸ਼ਟ ਕੀਤਾ ਹੈ ਕਿ ਇਸ ਸੰਬੰਧੀ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ, ਜਿਸ ‘ਤੇ ਸ੍ਰੀ ਮੋਦੀ ਨੇ ਭਰੋਸਾ ਦਿਵਾਇਆ ਹੈ ਕਿ ਬੈਂਕ ਵੱਲੋਂ ਪੰਜਾਬ ਦੀ ਕੈਸ਼ ਕਰੈਡਿਟ ਲਿਮਟ ਸੰਬੰਧੀ ਸਮੱਸਿਆ ਨੂੰ ਜਲਦ ਹੱਲ ਕਰ ਲਿਆ ਜਾਵੇਗਾ ਅਤੇ ਕਣਕ ਦੀ ਖਰੀਦ ਵਿੱਚ ਕੋਈ ਵੀ ਅੜਿੱਕਾ ਦਰਪੇਸ਼ ਨਹੀਂ ਆਉਣ ਦਿੱਤਾ ਜਾਵੇਗਾ।
ਅੱਜ ਸਥਾਨਕ ਫਿਰੋਜ਼ਪੁਰ ਸੜਕ ਸਥਿਤ ਇੱਕ ਰਿਜ਼ੋਰਟ ਵਿਖੇ ‘ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ’ ਸੰਬੰਧੀ ਰੱਖੇ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਸੱਚਾਈ ਤਾਂ ਇਹ ਹੈ ਕਿ ਸਾਲ 1997 ਤੋਂ ਬਾਅਦ ਪੰਜਾਬ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਦੇ ਖਾਤਿਆਂ ਦਾ ਆਪਸੀ ਮਿਲਾਣ ਹੀ ਨਹੀਂ ਹੋਇਆ ਹੈ, ਜਿਸ ਕਾਰਨ ਖ਼ਾਤਿਆਂ ਵਿੱਚ ਲੈਣਦਾਰੀਆਂ ਅਤੇ ਦੇਣਦਾਰੀਆਂ ਸੰਬੰਧੀ ਸ਼ੰਕੇ ਵਾਲੀ ਸਥਿਤੀ ਪੈਦਾ ਹੋਈ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਬਾਦਲ ਨੇ ਇਸ ਸੰਬੰਧੀ ਬੀਤੇ ਦਿਨੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਦਾ ਪੱਖ ਰੱਖਿਆ ਹੈ, ਜਿਸ ‘ਤੇ ਉਨਾਂ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ ਦੇ ਖ਼ਾਤਿਆਂ ਦਾ ਮਿਲਾਣ ਇੱਕ ਪਾਸੇ ਹੁੰਦਾ ਰਹੇਗਾ, ਦੂਜੇ ਪਾਸੇ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਸੂਬੇ ਦੀ ਕੈਸ਼ ਕਰੈਡਿਟ ਲਿਮਟ ਨੂੰ ਚਾਲੂ ਰੱਖਿਆ ਜਾਵੇਗਾ ਅਤੇ ਕਣਕ ਦੀ ਖਰੀਦ ਵਿੱਚ ਕੋਈ ਵੀ ਅੜਿੱਕਾ ਦਰਪੇਸ਼ ਨਹੀਂ ਆਉਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜਿਸ ਤਰਾਂ ਵਿਰੋਧੀਆਂ ਵੱਲੋਂ ਅਨਾਜ ਖੁਰਦ ਬੁਰਦ ਹੋਣ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਉਹ ਬੇਬੁਨਿਆਦ ਹੈ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਦੋਗਲੀ ਰਾਜਨੀਤੀ ਖੇਡਣ ਦਾ ਦੋਸ਼ ਲਗਾਉਂਦਿਆਂ ਸ੍ਰ. ਬਾਦਲ ਨੇ ਕਿਹਾ ਕਿ ਜੋ ਵਿਅਕਤੀ ਦਿੱਲੀ ਦੀ ਉਸ ਜਨਤਾ ਦਾ ਨਹੀਂ ਹੋ ਸਕਿਆ, ਜਿਸਨੇ ਉਸਨੂੰ ਜਿਤਾ ਕੇ ਸੱਤਾ ਦੀ ਵਾਗਡੋਰ ਸੰਭਾਲੀ, ਉਹ ਵਿਅਕਤੀ ਪੰਜਾਬ ਦਾ ਕਿਵੇਂ ਹੋ ਸਕਦਾ ਹੈ। ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਪਣੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਅਤੇ ਬਾਅਦ ਪੈਰ-ਪੈਰ ‘ਤੇ ਝੂਠ ਬੋਲ ਕੇ ਆਪਣੇ ਰਾਜਸੀ ਦੋਗਲੇਪਨ ਦਾ ਪ੍ਰਗਟਾਵਾ ਕੀਤਾ ਹੈ। ਕੇਜਰੀਵਾਲ ਨੇ ਰਾਜਨੀਤੀ ਵਿੱਚ ਨਾ ਆਉਣ, ਕਦੇ ਵੀ ਕਾਂਗਰਸ ਪਾਰਟੀ ਨਾਲ ਸਮਝੌਤਾ ਨਾ ਕਰਨ, ਮੁੱਖ ਮੰਤਰੀ ਅਤੇ ਮੰਤਰੀਆਂ ਦੇ ਬਿਨਾ ਤਨਖ਼ਾਹ ਕੰਮ ਕਰਨ ਅਤੇ ਸਰਕਾਰੀ ਸੁੱਖ ਸਹੂਲਤਾਂ ਨਾ ਮਾਨਣ ਬਾਰੇ ਸਹੂੰ ਖਾ ਕੇ ਦਾਅਵੇ ਕੀਤੇ ਸਨ ਪਰ ਸੱਤਾ ਹੱਥ ਆਉਂਦਿਆਂ ਹੀ ਕੇਜਰੀਵਾਲ ਨੇ ਸਾਰੀਆਂ ਸਹੂੰਆਂ ਅਤੇ ਦਾਅਵੇ ਤੋੜ ਦਿੱਤੇ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਅਜਿਹੇ ਦੋਗਲੇ ਵਿਅਕਤੀ ‘ਤੇ ਵਿਸ਼ਵਾਸ਼ ਨਹੀਂ ਕਰਨਗੇ।
ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਅਤੇ ਸਹਿਯੋਗੀ ਪਾਰਟੀਆਂ ਦੇ ਗਠਜੋੜ ਵਾਲੀਆਂ ਸਰਕਾਰਾਂ ਵੇਲੇ ਹੀ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਦੇ ਵਿਕਾਸ ਤੋਂ ਦੰਗ ਵਿਰੋਧੀ ਪਾਰਟੀਆਂ ਸੂਬਾ ਸਰਕਾਰ ਦਾ ਅਕਸ ਖ਼ਰਾਬ ਕਰਨ ਲਈ ਜਾਣ ਬੁੱਝ ਕੇ ਗੁੰਮਰਾਹਕੁੰਨ ਪ੍ਰਚਾਰ ਕਰਨ ਲੱਗੀਆਂ ਹੋਈਆਂ ਹਨ। ਉਨਾਂ ਬਿਨਾ ਨਾਮ ਲਿਆਂ ਸੀਨੀਅਰ ਕਾਂਗਰਸੀ ਆਗੂ ‘ਤੇ ਦੋਸ਼ ਲਗਾਇਆ ਕਿ ਉਸ ਵੱਲੋਂ ਪੰਜਾਬ ਦੇ 70 ਫੀਸਦੀ ਨੌਜਵਾਨਾਂ ਨੂੰ ਨਸ਼ੱਈ ਕਿਹਾ ਜਾ ਰਿਹਾ ਹੈ, ਇਹ ਦਾਅਵੇ ਤੱਥਹੀਣ ਹਨ ਅਤੇ ਅਸਲੀਅਤ ਤੋਂ ਪਰੇ ਹਨ। ਉਨਾਂ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਜਾਬ ਅਤੇ ਪੰਜਾਬੀਆਂ ਬਾਰੇ ਗੂੰਮਰਾਹਕੁੰਨ ਪ੍ਰਚਾਰ ਕਰਨ ਤੋਂ ਬਾਜ ਆਉਣ।
‘ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ’ ਅਧੀਨ ਸਿਹਤ ਸਮਾਰਟ ਕਾਰਡ ਵੰਡਣ ਬਾਰੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਲੇ ਕਾਰਡਧਾਰਕਾਂ, ਵਪਾਰੀਆਂ, ਕਿਸਾਨਾਂ ਅਤੇ ਉਸਾਰੀ ਕਿਰਤੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਸੂਬੇ ਭਰ ਦੇ 2.30 ਕਰੋੜ ਵਪਾਰੀਆਂ ਨੂੰ ਲਾਹਾ ਮਿਲੇਗਾ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਸੂਬੇ ਵਿੱਚ 1.86 ਕਰੋੜ ਵਪਾਰੀਆਂ ਨੇ ਆਪਣੇ ਆਪ ਨੂੰ ਰਜਿਸਟਰਡ ਵੀ ਕਰਵਾ ਲਿਆ ਹੈ। ਉਨਾਂ ਕਿਹਾ ਕਿ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਪੰਜਾਬ ਸਰਕਾਰ ਵੱਲੋਂ ਇੱਕ ਸਾਲ ਪਹਿਲਾਂ ‘ਰਾਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦਾ ਵਪਾਰੀ ਵਰਗ ਭਾਰੀ ਲਾਹਾ ਲੈ ਰਿਹਾ ਹੈ। ਉਨਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਨਾਲ ਜੁੜ ਕੇ ਭਰਪੂਰ ਲਾਹਾ ਲੈਣ ਅਤੇ ਹੋਰਾਂ ਨੂੰ ਵੀ ਪ੍ਰੇਰਿਤ ਕਰਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਦ੍ਰਿੜ ਵਚਨਬੱਧ ਹੈ।
ਉਨਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਪ੍ਰਸਾਸ਼ਕੀ ਸੇਵਾਵਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਹਰੇਕ ਪਿੰਡ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਜਾ ਰਿਹਾ ਹੈ, ਜਿਸ ਨਾਲ ਉਨਾਂ ਨੂੰ ਸਾਰੀਆਂ ਸੇਵਾਵਾਂ ਉਨਾਂ ਦੇ ਨਜ਼ਦੀਕ ਹੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਪਿਛਲੇ ਚਾਰ ਸਾਲਾਂ ਦੌਰਾਨ ਇਕੱਲੇ ਸ਼ਹਿਰ ਲੁਧਿਆਣਾ ਦੇ ਵਿਕਾਸ ‘ਤੇ 2300 ਕਰੋੜ ਰੁਪਏ ਖਰਚੇ ਗਏ ਹਨ, ਜੋ ਕਿ ਇੱਕ ਰਿਕਾਰਡ ਹੈ। ਉਨਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਹੁਣ ਤੱਕ ਜਿੰਨੇ ਵੀ ਯਤਨ ਕੀਤੇ ਗਏ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਹੀ ਹੋਏ ਹਨ। ਉਨਾਂ ਕਿਹਾ ਕਿ ਜਲਦ ਹੀ ਸੂਬੇ ਦੀਆਂ ਸਾਰੀਆਂ ਸੜਕਾਂ 6 ਮਾਰਗੀ ਜਾਂ 8 ਮਾਰਗੀ ਕਰ ਦਿੱਤੀਆਂ ਜਾਣਗੀਆਂ।
ਇਸ ਮੌਕੇ ਉਨਾਂ ਜ਼ਿਲੇ ਭਰ ਤੋਂ ਪੁੱਜੇ ਹਜ਼ਾਰਾਂ ਦੀ ਗਿਣਤੀ ਵਿੱਚ ਵਪਾਰੀਆਂ ਨੂੰ ‘ਸਿਹਤ ਸਮਾਰਟ ਕਾਰਡ’ ਵੰਡੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਮੁੱਖ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ, ਵਧੀਕ ਮੁੱਖ ਸਕੱਤਰ ਸ੍ਰੀ ਡੀ. ਪੀ. ਰੈਡੀ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਵਿਧਾਇਕ ਸ੍ਰੀ ਐੱਸ. ਆਰ. ਕਲੇਰ, ਸਾਬਕਾ ਮੰਤਰੀ ਸ੍ਰੀ ਸਤਪਾਲ ਗੋਸਾਂਈਂ, ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰ. ਬਿਕਰਮਜੀਤ ਸਿੰਘ ਖਾਲਸਾ, ਪੰਜਾਬ ਯੋਜਨਾ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਸ੍ਰ. ਇੰਦਰਇਕਬਾਲ ਸਿੰਘ ਅਟਵਾਲ, ਸਾਬਕਾ ਵਿਧਾਇਕ ਸ੍ਰ. ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਸ੍ਰ. ਜਗਜੀਵਨ ਸਿੰਘ ਖੀਰਨੀਆਂ, ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਮਦਨ ਲਾਲ ਬੱਗਾ, ਕਰ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਅਧੀਨ ਸੇਵਾਵਾਂ ਬੋਰਡ ਦੇ ਮੈਂਬਰ ਬੀਬੀ ਸੁਰਿੰਦਰ ਕੌਰ ਦਿਆਲ, ਜ਼ਿਲਾ ਭਾਜਪਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ, ਸਾਬਕਾ ਸੰਸਦ ਮੈਂਬਰ ਸ੍ਰ. ਅਮਰੀਕ ਸਿੰਘ ਆਲੀਵਾਲ, ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ੍ਰ. ਹਰਭਜਨ ਸਿੰਘ ਡੰਗ, ਸ੍ਰ. ਕੇਵਲ ਸਿੰਘ ਬਾਦਲ, ਹੋਰ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਿਰ ਸਨ।

Related posts

ਕੇ.ਪੀ.ਐੱਸ. ਗਿੱਲ ਦੇ ਅਣਮਨੁੱਖੀ ਕਾਰੇ ਬਿਆਨਦੀ ਕਿਤਾਬ ‘ਪੰਜਾਬ ਦਾ ਬੁੱਚੜ’ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ ਜਾਰੀ

INP1012

ਸੰਦੌੜ ਪੁਲਿਸ ਨੇ ਨਾਕੇ ਲਗਾ ਕੇ ਵਾਹਣਾ ਦੀ ਕੀਤੀ ਚੈਕਿੰਗ

INP1012

ਭਾਗ 18 ਕੁੜੀਆਂ ਸਬ ਲਈ ਖ਼ਤਰਾ ਨੀਚਹ ਊਚ ਕਰੈ ਗੋਬਿੰਦੁ ਕਾਹੂ ਤੇ ਨ ਡਰੈ-ਸਤਵਿੰਦਰ ਕੌਰ ਸੱਤੀ (ਕੈਲਗਰੀ)- ਕੈਨੇਡਾ

INP1012

Leave a Comment