ਪੰਜਾਬ ‘ਚ ਲੋਕ ਸਭਾ ਚੋਣਾਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪੇਡ ਨਿਊਜ਼ ‘ਤੇ ਚੋਣ ਕਮਿਸ਼ਨ ਰੱਖੇਗਾ ਤਿੱਖੀ ਨਜ਼ਰ : ਮੁੱਖ ਚੋਣ ਅਧਿਕਾਰੀ

ਸਮੁੱਚੇ ਡੀਪੀਆਰ.ਓਜ਼ ਅਜਿਹੀਆਂ ਖ਼ਬਰਾਂ ਦੀ ਸਮੱਗਰੀ ਦੀ ਜਾਂਚ ਕਰਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਪੇਡ ਨਿਊਜ਼ ਸਬੰਧੀ  ਸਬੰਧਤ ਰਿਟਰਨਿੰਗ ਅਫ਼ਸਰ ਨੂੰ ਦਿੱਤੀ ਜਾਵੇ ਰਿਪੋਰਟ

ਚੰਡੀਗੜ੍ਹ : ਮਾਰਚ ਮੰਗਤ ਸਿੰਘ ਸੈਦਪੁਰ ਪੰਜਾਬ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ  ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਵਿੱਚ ਪੇਡ ਨਿਊਜ਼ ‘ਤੇ ਤਿੱਖੀ ਨਜ਼ਰ ਰੱਖੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸੀਬਿਨ ਸੀ ਨੇ ਸਪਸ਼ਟ ਤੌਰ ‘ਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਨਾਲ ਸੂਬਾ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਡੀ.ਪੀ.ਆਰ.ਓਜ਼ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ। ਸਿਬਿਨ ਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਖ਼ਬਰਾਂ ਦੀ ਸਮੱਗਰੀ ‘ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।ਮੁੱਖ ਚੋਣ ਅਫ਼ਸਰ ਨੇ ਸਾਰੇ ਡੀ.ਪੀ.ਆਰ.ਓਜ਼ ਨੂੰ ਅਜਿਹੀਆਂ ਖ਼ਬਰਾਂ ਦੀ ਸਮੱਗਰੀ ਦੀ ਜਾਂਚ ਕਰਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਅਤੇ ਬਾਅਦ ਵਿੱਚ ਪੇਡ ਨਿਊਜ਼, ਜੇਕਰ ਕੋਈ ਹੋਵੇ, ਸਬੰਧਤ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਮੇਟੀ ਚੋਣਾਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਖ਼ਬਰਾਂ, ਵਿਸ਼ੇਸ਼ਤਾਵਾਂ ਅਤੇ ਇਸ਼ਤਿਹਾਰਾਂ ‘ਤੇ ਨਜ਼ਰ ਰੱਖੇਗੀ। ਸਿਬਿਨ ਸੀ ਨੇ ਕਿਹਾ ਕਿ ਕਮੇਟੀ ਇਸ਼ਤਿਹਾਰਾਂ ਦੇ ਪ੍ਰਮਾਣੀਕਰਣ, ਪ੍ਰਿੰਟ, ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਖ਼ਬਰਾਂ ਦੀ ਨਿਗਰਾਨੀ ਦੇ ਨਾਲ-ਨਾਲ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਸਾਰੀਆਂ ਚੋਣਾਂ ਨਾਲ ਸਬੰਧਤ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜ਼ਿੰਮੇਵਾਰ ਹੋਵੇਗੀ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦਾ ਗਠਨ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਪ੍ਰਭਾਵੀ ਨਿਗਰਾਨੀ ਅਤੇ ਲੇਖਾ-ਜੋਖਾ ਕਰਨ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਨੇ ਡੀ.ਪੀ.ਆਰ.ਓਜ਼ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਮੇਟੀ ਮੈਂਬਰ ਸਿਆਸੀ ਪਾਰਟੀਆਂ, ਉਮੀਦਵਾਰਾਂ ਜਾਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਪ੍ਰਕਾਸ਼ਿਤ ਇਸ਼ਤਿਹਾਰ ਸਮੱਗਰੀ ਨੂੰ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਤਸਦੀਕ ਕਰਨ। ਸਿਬਿਨ ਸੀ ਨੇ ਰਾਜ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ‘ਤੇ ਵੀ ਨਜ਼ਰ ਰੱਖੀ ਜਾਵੇਗੀ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਡੀ.ਪੀ.ਆਰ.ਓਜ਼ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਸ਼ਤਿਹਾਰਬਾਜ਼ੀ ਨਾਲ ਜੁੜੀਆਂ ਨਵੀਆਂ ਚੁਣੌਤੀਆਂ ਦੀ ਸਾਵਧਾਨੀ ਨਾਲ ਨਿਗਰਾਨੀ ਕਰਨੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਸੂਚਨਾ ਦੇ ਪ੍ਰਸਾਰ ਦਾ ਇੱਕ ਵੱਡਾ ਸਾਧਨ ਬਣ ਗਿਆ ਹੈ, ਜਿਸ ਕਾਰਨ ਇਨ੍ਹਾਂ ਪਲੇਟਫਾਰਮਾਂ ਦੀ ਪੜਤਾਲ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਸਿਬਿਨ ਸੀ ਨੇ ਉਮੀਦ ਜ਼ਾਹਰ ਕੀਤੀ ਕਿ ਡੀ.ਪੀ.ਆਰ.ਓਜ਼ ਆਪਣੇ ਫਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣਗੇ ਅਤੇ ਚੋਣਾਂ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੰਚਾਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੁੱਖ ਚੋਣ ਅਫ਼ਸਰ ਨੇ ਡੀ.ਪੀ.ਆਰ.ਓਜ਼ ਨੂੰ ਸਵੀਪ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰਨ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਵੋਟਰਾਂ, ਖਾਸ ਕਰਕੇ ਪਹਿਲੀ ਵਾਰ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ। ਖਾਸ ਗੱਲ ਇਹ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਗੱਠਜੋੜ ਕਰਕੇ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ਤੇ ਸਿਆਸੀ ਲੀਡਰਾਂ ਨੂੰ ਆਪਣੇ ਆਪਣੇ ਗਰੁੱਪਾਂ ਵਿੱਚ ਸ਼ਾਮਿਲ ਕਰਨ ਲਈ ਵੱਡੇ ਪੱਧਰ ਤੇ ਕੁਸ਼ਚਨ ਕੀਤੀਆਂ ਜਾ ਰਹੀਆਂ ਹਨ।

 

 

32 Views